ਸਰਕਾਰ ਖ਼ਿਲਾਫ਼ ਮੁਹਾਲੀ ’ਚ ਗਰਜੇ ਮੁਲਾਜ਼ਮ ਅਤੇ ਪੈਨਸ਼ਨਰ
ਪੰਜਾਬ ਭਰ ਦੇ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਅੱਜ ਇੱਥੋਂ ਦੇ ਫੇਜ਼-8 ਸਥਿਤ ਦਸਹਿਰਾ ਗਰਾਊਂਡ ਵਿਚ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ। ਇਸ ਰੋਸ ਮੁਜ਼ਾਹਰੇ ਦੀ ਅਗਵਾਈ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ, ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਆਗੂ ਸੱਜਣ ਸਿੰਘ ਅਤੇ ਰਣਬੀਰ ਸਿੰਘ ਢਿੱਲੋਂ ਨੇ ਕੀਤੀ। ਜਦੋਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਤਾਂ ਪੁਲੀਸ ਨੇ ਉਨ੍ਹਾਂ ਨੂੰ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਹੀ ਰੋਕ ਲਿਆ, ਜਿੱਥੇ ਉਨ੍ਹਾਂ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੂੰ ਰੱਸ ਕੇ ਕੋਸਿਆ।
ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਕੋਸਦਿਆਂ ਮੁਲਾਜ਼ਮ ਮੰਗਾਂ ਤੋਂ ਮੂੰਹ ਫੇਰਨ ਦਾ ਦੋਸ਼ ਲਾਇਆ। ਬੁਲਾਰਿਆਂ ਨੇ ਕੈਪਟਨ ਸਰਕਾਰ ਨੂੰ ਪੰਜਾਬ ਦੀ ਸਿਆਸਤ ਤੋਂ ਲਾਂਭੇ ਕਰਨ ਲਈ ਮੁਲਾਜ਼ਮਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਐਲਾਨ ਕੀਤਾ ਕਿ 2022 ਦੀਆਂ ਚੋਣਾਂ ਵਿਚ ਮੋਤੀਆਂ ਵਾਲੀ ਸਰਕਾਰ ਨੂੰ ਦਿੱਲੀ ਵਾਂਗ ਪੰਜਾਬ ਵਿਚ ਵੀ ਖਾਤਾ ਨਹੀਂ ਖੁੱਲ੍ਹਣ ਦਿੱਤਾ ਜਾਵੇਗਾ। ਮੁਲਾਜ਼ਮ ਆਗੂ ਸੱਜਣ ਸਿੰਘ ਨੇ ਕਿਹਾ ਕਿ ਅੱਜ ਦੇ ਫ਼ੈਸਲਾਕੁਨ ਇਕੱਠ ਨੇ ਸਰਕਾਰ ਦੀਆਂ ਚੂਲਾਂ ਹਿਲਾ ਕੇ ਰੱਖ ਦਿੱਤੀਆਂ ਹਨ। ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਪਰਮਿੰਦਰ ਸਿੰਘ ਖੰਗੂੜਾ ਨੇ ਮੁਲਾਜ਼ਮ ਏਕਤਾ ਦੀ ਲੋੜ ’ਤੇ ਜ਼ੋਰ ਦਿੰਦਿਆਂ ਸਾਰੇ ਮੁਲਾਜ਼ਮਾਂ ਨੂੰ ਇਕ ਝੰਡੇ ਹੇਠ ਇਕੱਠੇ ਹੋਣ ਦੀ ਅਪੀਲ ਕੀਤੀ। ਹਰਜੀਤ ਸਿੰਘ ਮਲਕਪੁਰ ਨੇ ਵੀ ਵਿਚਾਰ ਪੇਸ਼ ਕੀਤੇ।
ਸਤੀਸ਼ ਰਾਣਾ, ਮੇਘ ਸਿੰਘ ਸਿੱਧੂ, ਕਰਮ ਸਿੰਘ ਧਨੋਆ, ਠਾਕੁਰ ਸਿੰਘ, ਬਖਸ਼ੀਸ਼ ਸਿੰਘ, ਪ੍ਰੇਮ ਸਾਗਰ ਸ਼ਰਮਾ ਨੇ ਕਿਹਾ ਕਿ ਰੀ-ਸਟਰਕਚਰਿੰਗ ਦੀ ਆੜ ਹੇਠ ਮੁਲਾਜ਼ਮਾਂ ਦੀਆਂ ਹਜ਼ਾਰਾਂ ਅਸਾਮੀਆਂ ਖ਼ਤਮ ਕੀਤੀਆਂ ਜਾ ਰਹੀਆਂ ਹਨ ਜਦਕਿ ਹੁਕਮਰਾਨ ਆਪਣਿਆਂ ਨੂੰ ਖ਼ੁਸ਼ ਕਰਨ ਲਈ ਮਾਰਕੀਟ ਕਮੇਟੀਆਂ, ਬੋਰਡਾਂ/ਕਾਰਪੋਰੇਸ਼ਨਾਂ ਦੇ ਚੇਅਰਮੈਨ ਅਤੇ ਵਾਈਸ-ਚੇਅਰਮੈਨ ਥਾਪੇ ਜਾ ਰਹੇ ਹਨ। ਸੱਜਣ ਸਿੰਘ ਨੇ ਕਿਹਾ ਕਿ ਜੇ ਸਰਕਾਰ ਨੇ ਬਜਟ ਸੈਸ਼ਨ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਕੁਝ ਨਾ ਕੀਤਾ ਤਾਂ 3 ਮਾਰਚ ਨੂੰ ਪੰਜਾਬ ਵਿਚ ਜ਼ਿਲ੍ਹਾ ਪੱਧਰ ’ਤੇ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ ਅਤੇ ਪਹਿਲੀ ਮਾਰਚ ਨੂੰ ਪੈਨਸ਼ਨਰ ਭਵਨ ਲੁਧਿਆਣਾ ਵਿਚ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੀ ਹੋਣ ਵਾਲੀ ਮੀਟਿੰਗ ’ਚ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ। ਉਨ੍ਹਾਂ ਸਾਰੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਡੀਏ ਦੀਆਂ ਸਾਰੀਆਂ ਬਕਾਇਆ ਕਿਸ਼ਤਾਂ ਰਿਲੀਜ਼ ਕਰਨ ਦੀ ਮੰਗ ਕੀਤੀ।