ਸਰਕਾਰ ਤੇ ਕਿਸਾਨਾਂ ਵਿਚਾਲੇ 9ਵੇਂ ਗੇੜ ਦੀ ਵਾਰਤਾ ਅੱਜ

ਸਰਕਾਰ ਤੇ ਕਿਸਾਨਾਂ ਵਿਚਾਲੇ 9ਵੇਂ ਗੇੜ ਦੀ ਵਾਰਤਾ ਅੱਜ

ਕਿਸਾਨ ਜਥੇਬੰਦੀਆਂ ਨੇ ਖੇਤੀ ਮੰਤਰੀ ਨਰੇਂਦਰ ਤੋਮਰ ਤੇ ਉਨ੍ਹਾਂ ਦੇ ਸਾਥੀ ਮੰਤਰੀਆਂ ਨਾਲ ਸ਼ੁੱਕਰਵਾਰ ਨੂੰ ਹੋਣ ਵਾਲੀ 9ਵੇਂ ਗੇੜ ਦੀ ਗੱਲਬਾਤ ਲਈ ਤਿਆਰੀ ਖਿੱਚ ਲਈ ਹੈ। ਇਸੇ ਦੌਰਾਨ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵੀ ਗੱਲਬਾਤ ਦੇ ਸਕਾਰਾਤਮਕ ਰਹਿਣ ਦੀ ਉਮੀਦ ਪ੍ਰਗਟਾਈ ਹੈ। ਕਿਸਾਨ ਆਗੂਆਂ ਨੇ ਅੱਜ ਆਪਣੇ ਕਾਨੂੰਨੀ ਸਲਾਹਕਾਰਾਂ ਨਾਲ ਵੱਖਰੇ ਤੌਰ ’ਤੇ ਮੀਟਿੰਗ ਕਰਕੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੂੰ ਲੈ ਕੇ ਸਾਰੇ ਨੁਕਤੇ ਵਿਚਾਰੇ। ਜਥੇਬੰਦੀਆਂ ਨੇ ਦੋ ਟੁਕ ਸ਼ਬਦਾਂ ’ਚ ਸਾਫ਼ ਕਰ ਦਿੱਤਾ ਕਿ ਉਨ੍ਹਾਂ ਅਜਿਹੀ ਕੋਈ ਕਮੇਟੀ ਬਣਾਉਣ ਦੀ ਨਾ ਤਾਂ ਤਵੱਕੋ ਕੀਤੀ ਹੈ ਤੇ ਨਾ ਹੀ ਮੰਗ। ਕਿਸਾਨ ਯੂਨੀਅਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਛੁੱਟ ਕੁਝ ਵੀ ਸਵੀਕਾਰ ਨਹੀਂ ਹੈ ਤੇ ਭਲਕੇ ਮੀਟਿੰਗ ਦੌਰਾਨ ਵੀ ਆਪਣੇ ਇਸ ਸਟੈਂਡ ’ਤੇ ਕਾਇਮ ਰਹਿਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਗੱਲਬਾਤ ਦੇ ਖ਼ਿਲਾਫ਼ ਨਹੀਂ ਹਨ ਅਤੇ ਕੇਂਦਰੀ ਮੰਤਰੀਆਂ ਨਾਲ ਸੰਵਾਦ ਜਾਰੀ ਰੱਖਣਗੇ। ਇਸ ਦੌਰਾਨ ਕਿਸਾਨ ਯੂਨੀਅਨਾਂ ਨੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਮਾਨ ਦੇ ਸੁਪਰੀਮ ਕੋਰਟ ਵੱਲੋਂ ਕਾਇਮ ਚਾਰ ਮੈਂਬਰੀ ਕਮੇਟੀ ’ਚੋਂ ਖੁ਼ਦ ਨੂੰ ਲਾਂਭੇ ਕਰ ਲੈਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਕਿਸਾਨ ਆਗੂਆਂ ਨੇ ਕਮੇਟੀ ਦੇ ਹੋਰਨਾਂ ਤਿੰਨ ਮੈਂਬਰਾਂ ਨੂੰ ਵੀ ਮਾਨ ਦੇ ਨਕਸ਼ੇ ਕਦਮ ’ਤੇ ਚੱਲਣ ਦੀ ਸਲਾਹ ਦਿੱਤੀ। ਕਿਸਾਨ ਆਗੂਆਂ ਨੇ ਮਾਨ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਕਿਸਾਨ ਯੂਨੀਅਨਾਂ ਤੇ ਵਿਰੋਧੀ ਪਾਰਟੀਆਂ ਨੇ ਚਾਰ ਮੈਂਬਰੀ ਕਮੇਟੀ ਦੀ ਬਣਤਰ ’ਤੇ ਇਤਰਾਜ਼ ਜਤਾਉਂਦਿਆਂ ਇਸ ਦੇ ਮੈਂਬਰਾਂ ਨੂੰ ਸਰਕਾਰ ਪੱਖੀ ਦੱਸਿਆ ਸੀ। ਕਮੇਟੀ ਦੇ ਹੋਰਨਾਂ ਮੈਂਬਰਾਂ ’ਚ ਸ਼ੇਤਕਾਰੀ ਸੰਗਠਨ ਮਹਾਰਾਸ਼ਟਰ ਦੇ ਪ੍ਰਧਾਨ ਅਨਿਲ ਘਨਵਤ, ਕੌਮਾਂਤਰੀ ਖੁਰਾਕ ਨੀਤੀ ਖੋਜ ਸੰਸਥਾ ਦੇ ਪ੍ਰਮੋਦ ਕੁਮਾਰ ਜੋਸ਼ੀ ਤੇ ਖੇਤੀ ਅਰਥਸ਼ਾਸਤਰੀ ਅਸ਼ੋਕ ਗੁਲਾਟੀ ਸ਼ਾਮਲ ਹਨ।
ਬੀਕੇਯੂ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ, ‘ਮਾਨ ਦਾ ਫੈਸਲਾ ਚੰਗੀ ਪੇਸ਼ਕਦਮੀ ਹੈ, ਕਿਉਂਕਿ ਕਿਸਾਨ ਯੂਨੀਅਨਾਂ ਲਈ ਅਜਿਹੀ ਕਿਸੇ ਕਮੇਟੀ ਦੀ ਕੋਈ ਅਹਿਮੀਅਤ ਨਹੀਂ ਹੈ। ਕਿਸਾਨਾਂ ਨੇ ਕਦੇ ਵੀ ਅਜਿਹੀ ਕੋਈ ਮੰਗ ਨਹੀਂ ਕੀਤੀ। ਮਾਨ ਨੂੰ ਪਤਾ ਸੀ ਕਿ ਕੋਈ ਵੀ ਕਿਸਾਨ ਯੂਨੀਅਨ (ਸੁਪਰੀਮ) ਕੋਰਟ ਵੱਲੋਂ ਗਠਿਤ ਕਮੇਟੀ ਅੱਗੇ ਪੇਸ਼ ਨਹੀਂ ਹੋਵੇਗੀ, ਲਿਹਾਜ਼ਾ ਉਨ੍ਹਾਂ ਇਹ ਫੈਸਲਾ ਲਿਆ।’ ਚੜੂਨੀ ਨੇ ਕਿਹਾ ਕਿ ਜੇ ਕਮੇਟੀ ਦੇ ਬਾਕੀ ਬਚਦੇ ਤਿੰਨ ਮੈਂਬਰ ਵੀ ਇਸ ਤੋਂ ਲਾਂਭੇ ਹੋ ਜਾਣ ਅਤੇ ਨਵੇਂ ਮੈਂਬਰ ਨਿਯੁਕਤ ਕਰ ਦਿੱਤੇ ਜਾਣ, ਤਾਂ ਵੀ ਉਹ ਇਸ (ਕਮੇਟੀ) ਅੱਗੇ ਪੇਸ਼ ਨਹੀਂ ਹੋਣਗੇ। ਕਿਸਾਨ ਆਗੂ ਅਭਿਮੰਨਿਊ ਕੋਹਾਰ ਨੇ ਕਿਹਾ ਕਿ ਸਰਕਾਰ ਨੂੰ ਪਤਾ ਹੈ ਕਿ ਅਦਾਲਤ (ਖੇਤੀ) ਕਾਨੂੰਨਾਂ ’ਤੇ ਲੀਕ ਨਹੀਂ ਮਾਰ ਸਕਦੀ, ਲਿਹਾਜ਼ਾ ਸਰਕਾਰ 28 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਡੇਰੇ ਲਾਈ ਬੈਠੇ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਨਾ ਖੇੇਡੇ। ਬੀਕੇਯੂ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਨੇ ਕਿਹਾ ਕਿ ਜੇ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਦੀ ਹੈ ਤਾਂ ਉਹ ਕਿਸੇ ਵੀ ਕਮੇਟੀ ਲਈ ਤਿਆਰ ਹਨ। ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਉਹ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਮਿਲਣ ਤੱਕ ਸੰਘਰਸ਼ ਜਾਰੀ ਰੱਖਣਗੇ। ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਵੀ ਮਾਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਕਿਸਾਨ ਆਗੂਆਂ ਵੱਲੋਂ ਭੂਸ਼ਣ, ਫੂਲਕਾ ਅਤੇ ਦਵੇ ਨਾਲ ਸਲਾਹ ਮਸ਼ਵਰਾ
ਕਿਸਾਨ ਆਗੂਆਂ ਡਾ. ਦਰਸ਼ਨ ਪਾਲ, ਜਗਮੋਹਨ ਸਿੰਘ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਬਲਬੀਰ ਸਿੰਘ ਰਾਜੇਵਾਲ ਤੇ ਪ੍ਰੇਮ ਸਿੰਘ ਭੰਗੂ ਨੇ ਅੱਜ ਉੱਘੇ ਵਕੀਲਾਂ ਪ੍ਰਸ਼ਾਂਤ ਭੂਸ਼ਣ, ਐੱਚ.ਐੱਸ.ਫੂਲਕਾ ਤੇ ਦੁਸ਼ਯੰਤ ਦਵੇ ਨਾਲ ਮੁਲਾਕਾਤ ਕੀਤੀ। ਜਗਮੋਹਨ ਸਿੰਘ ਨੇ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਦਿੱਲੀ ਪੁਲੀਸ ਦੀ ਟਰੈਕਟਰ ਮਾਰਚ ਰੋਕਣ ਬਾਬਤ ਪਟੀਸ਼ਨ ਉਪਰ ਜਾਰੀ ਨੋਟਿਸ ਦੇ ਜਵਾਬ ’ਤੇ 17 ਜਨਵਰੀ ਨੂੰ ਹੋਣ ਵਾਲੀ ਸੁਪਰੀਮ ਕੋਰਟ ਦੀ ਸੁਣਵਾਈ ਦੇ ਮੱਦੇਨਜ਼ਰ ਕਿਸਾਨ ਆਗੂਆਂ ਨੇ ਵਕੀਲਾਂ ਨਾਲ ਸਲਾਹ ਮਸ਼ਵਰਾ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਕਿਸਾਨ ਜੱਥੇਬੰਦੀਆਂ ਦੀਆਂ ਆਪਸੀ ਬੈਠਕਾਂ ਦੌਰਾਨ ਕਿਸਾਨਾਂ ਨੂੰ 26 ਜਨਵਰੀ ਤੋਂ ਪਹਿਲਾਂ ਟਰੈਕਟਰਾਂ ਸਮੇਤ ਲਿਆਉਣ ਦੀ ਵਿਉਂਤਬੰਦੀ ਉਲੀਕੀ ਗਈ ਤੇ ਪ੍ਰਬੰਧਾਂ ਉਪਰ ਨਜ਼ਰਸਾਨੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 22 ਜਨਵਰੀ ਤੋਂ ਸ਼ੁਰੂ ਕਰਕੇ ਅਗਲੇ ਦਿਨਾਂ ਦੌਰਾਨ ਸਮੇਂ ਤੋਂ ਪਹਿਲਾਂ ਹੀ ਦਿੱਲੀ ਵੱਲ ਕੂਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਸਮੁੱਚੀ ਵਿਉਂਤਬੰਦੀ ਦੀ ਤਰਤੀਬ ਬਣ ਸਕੇ।
ਮਾਨ ਦੇ ਵੱਖ ਹੋਣ ਨਾਲ ਕਮੇਟੀ ਖ਼ੁਦ ਹੀ ਭੰਗ ਹੋਈ: ਰੁਲਦੂ ਸਿੰਘ
ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਨਾਮਜ਼ਦ ਕੀਤੇ ਮੈਂਬਰਾਂ ਵਿਚੋਂ ਇਕ ਮੈਂਬਰ ਨੇ ਲੋਕਾਂ ਦੇ ਦਬਾਅ ਹੇਠ ਕਮੇਟੀ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਦੇ ਨਤੀਜੇ ਵਜੋਂ ਇਹ ਕਮੇਟੀ ਆਪਣੇ ਆਪ ਹੀ ਭੰਗ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਪਣੇ ਬਚਾਅ ਲਈ ਸੁਪਰੀਮ ਕੋਰਟ ਨੂੰ ਅੱਗੇ ਕੀਤਾ ਸੀ, ਜਿਸ ਦੀ ਦੇਸ਼ ਭਰ ’ਚ ਆਲੋਚਨਾ ਹੋਈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੀ ਕਿਸੇ ਵਿਚੋਲਗੀ ਦੀ ਬਜਾਏ ਕਾਲੇ ਕਾਨੂੰਨ ਵਾਪਸ ਲੈ ਕੇ ਕਿਸਾਨਾਂ ਵਲੋਂ ਰੱਖੀਆਂ ਸਾਰੀਆਂ ਮੰਗਾਂ ਮੰਨ ਕੇ ਇਸ ਵਿਸ਼ਾਲ ਸ਼ਾਤੀਪੂਰਨ ਅੰਦੋਲਨ ਅਤੇ ਦੇਸ਼ ਦੇ ਕਿਸਾਨਾਂ ਦਾ ਸਨਮਾਨ ਕਰਨਾ ਚਾਹੀਦਾ ਹੈ।
ਦਿੱਲੀ ਦੇ ਬਾਰਡਰਾਂ ਤੋਂ ਸ਼ਾਂਤਮਈ ਟਰੈਕਟਰ ਮਾਰਚ ਕੱਢਾਂਗੇ: ਬਲਬੀਰ ਸਿੰਘ ਰਾਜੇਵਾਲ
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ਤੋਂ 26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਸ਼ਾਂਤਮਈ ਟਰੈਕਟਰ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ ਕਿਉਂਕਿ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਟਰੈਕਟਰ ਪਰੇਡ ਮਾਰਚ ਸ਼ਾਂਤਮਈ ਹੋਣ ਦੇ ਨਾਲ-ਨਾਲ ਉਸ ਦੀ ਰਸਮੀ ਰੂਪ ਰੇਖਾ ਤਿਆਰ ਕਰਕੇ ਕਿਸਾਨਾਂ ਨੂੰ ਦੱਸਿਆ ਜਾਵੇਗਾ। ਉਨ੍ਹਾਂ ਇਸ ਮੁੱਦੇ ਉਪਰ ਬੇਲੋੜੀ ਬਿਆਨਬਾਜ਼ੀ ਨਾ ਕਰਨ ਦੀ ਮੁੜ ਸਲਾਹ ਦਿੱਤੀ। ਕਾਬਿਲੇਗੌਰ ਹੈ ਕਿ ਸੋਸ਼ਲ ਮੀਡੀਆ ਉੱਤੇ ਅੰਦੋਲਨਕਾਰੀ ਕਿਸਾਨਾਂ ਦੇ ਹਵਾਲੇ ਨਾਲ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ’ਤੇ ਤਿਰੰਗਾ ਲਹਿਰਾਉਣ ਤੇ ਸੰਸਦ ਵੱਲ ਦਿੱਲੀ ਦੀਆਂ ਸੜਕਾਂ ਤੋਂ ਮਾਰਚ ਕਰਨ ਬਾਰੇ ਦਾਅਵੇ ਕੀਤੇ ਜਾ ਰਹੇ ਹਨ। ਕਿਸਾਨ ਆਗੂਆਂ ਨੇ ਅਜਿਹੇ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣੇ ਅੰਦੋਲਨ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹਨ ਤੇ ਹਰ ਕਦਮ ਫੂਕ-ਫੂਕ ਕੇ ਰੱਖ ਰਹੇ ਹਨ।

Radio Mirchi