ਸਰਬ ਪਾਰਟੀ ਮੀਟਿੰਗ ’ਚ ਸਪੀਕਰ ਨੇ ਮੰਗਿਆ ਸਹਿਯੋਗ
ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਅੱਜ ਹੋਈ ਸਰਬ ਪਾਰਟੀ ਮੀਟਿੰਗ ਵਿੱਚ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਾਰੀਆਂ ਸਿਆਸੀ ਪਾਰਟੀਆਂ ਤੋਂ ਸਦਨ ਦੀ ਕਾਰਵਾਈ ਨਿਰਵਿਘਨ ਚਲਾਉਣ ਵਾਸਤੇ ਸਹਿਯੋਗ ਮੰਗਿਆ। ਇਸ ਮੀਟਿੰਗ ਵਿੱਚ ਪ੍ਰਧਾਨ ਨਰਿੰਦਰ ਮੋਦੀ ਵੀ ਸ਼ਾਮਲ ਹੋਏ।
ਮੀਟਿੰਗ ਤੋਂ ਬਾਅਦ ਸ੍ਰੀ ਬਿਰਲਾ ਨੇ ਕਿਹਾ ਕਿ ਲੋਕ ਸਭਾ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਮੀਟਿੰਗ ਵਿੱਚ ਉਨ੍ਹਾਂ ਮੁੱਦਿਆਂ ਬਾਰੇ ਦੱਸਿਆ ਜੋ ਉਹ 18 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਉਠਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਹੈ ਕਿ ਸੰਸਦ ਦੇ ਕੰਮਕਾਜ ਸਬੰਧੀ ਸਲਾਹਕਾਰ ਕਮੇਟੀ ਵਿੱਚ ਇਨ੍ਹਾਂ ਮੁੱਦਿਆਂ ਨੂੰ ਵਿਚਾਰਨ ਤੋਂ ਬਾਅਦ ਉਹ ਵੱਧ ਤੋਂ ਵੱਧ ਮੁੱਦਿਆਂ ਨੂੰ ਸਦਨ ਵਿੱਚ ਪੇਸ਼ ਕਰਨ ਦੀ ਕੋਸ਼ਿਸ਼ ਕਰਨਗੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਸਦਨ ਨੂੰ ਨਿਰਵਿਘਨ ਚਲਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਸਪੀਕਰ ਨੇ ਕਿਹਾ ਕਿ ਸਦਨ ਲੋਕਾਂ ਨੂੰ ਜਵਾਬਦੇਹ ਹੈ ਅਤੇ ਉਹ ਆਸ ਕਰਦੇ ਹਨ ਕਿ ਪਾਰਟੀਆਂ ਲੋਕ ਹਿੱਤ ਦੇ ਮੁੱਦੇ ਉਠਾਉਣਗੀਆਂ। ਉਨ੍ਹਾਂ ਕਿਹਾ ਕਿ ਸਦਨ ਵਿੱਚ ਵਿਚਾਰ-ਚਰਚਾ ਹੋਣੀ ਚਾਹੀਦੀ ਹੈ ਅਤੇ ਉਸ ਵਾਸਤੇ ਸਦਨ ਦਾ ਚੱਲਣਾ ਜ਼ਰੂਰੀ ਹੈ। ਸਪੀਕਰ ਨੇ ਕਿਹਾ ਕਿ ਇਸ ਸੈਸ਼ਨ ਵਿੱਚ 20 ਬੈਠਕਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ 17ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਵਾਂਗ ਇਹ ਸੈਸ਼ਨ ਵੀ ਨਿਰਵਿਘਨ ਚੱਲੇਗਾ ਤੇ ਸਫ਼ਲ ਸਾਬਿਤ ਹੋਵੇਗਾ।
ਸਰਬ ਪਾਰਟੀ ਮੀਟਿੰਗ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸੁਦੀਪ ਬੰਦੋਪਾਧਿਆਏ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿੱਚ ਪੱਛਮੀ ਬੰਗਾਲ ਦੇ ਰਾਜਪਾਲ ਦਾ ਮੁੱਦਾ ਉਠਾਇਆ ਜੋ ਇਕ ਵੱਖਰਾ ਪ੍ਰਸ਼ਾਸਨ ਚਲਾ ਰਹੇ ਹਨ ਤੇ ਉਨ੍ਹਾਂ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੈਸ਼ਨ ਵਿੱਚ ਵਿਰੋਧੀ ਧਿਰ ਨੂੰ ਸਮਾਂ ਦਿੱਤਾ ਜਾਣਾ ਚਾਹੀਦੀ ਹੈ ਅਤੇ ਬੇਰੁਜ਼ਗਾਰੀ ਤੇ ਆਰਥਿਕ ਹਾਲਾਤ ਸਬੰਧੀ ਮੁੱਦੇ ਸਦਨ ਵਿੱਚ ਵਿਚਾਰੇ ਜਾਣੇ ਚਾਹੀਦੇ ਹਨ।
ਇਸੇ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਆਗੂ ਕੁੰਵਰ ਦਾਨਿਸ਼ ਅਲੀ ਨੇ ਕਿਹਾ ਕਿ ਸਦਨ ਨੂੰ ਉੱਤਰ ਪ੍ਰਦੇਸ਼ ਸਣੇ ਪੂਰੇ ਉੱਤਰ ਭਾਰਤ ਵਿੱਚ ਪ੍ਰਦੂਸ਼ਣ ਦਾ ਮੁੱਦਾ ਵਿਚਾਰਿਆ ਜਾਣਾ ਚਾਹੀਦਾ ਹੈ।