ਸਿਆਸਤ ਕਰਨ ਵਾਲਿਆਂ ਦੇ ਬਾਈਕਾਟ ਦੀ ਅਪੀਲ
ਸਿੱਖ ਜਥੇਬੰਦੀਆਂ ਵੱਲੋਂ ਸੱਦੀ ਗਈ ਪੰਥਕ ਅਸੈਂਬਲੀ ਵਿੱਚ ਬੇਅਦਬੀ ਮਾਮਲਿਆਂ ’ਤੇ ਸਿਆਸਤ ਕਰਨ ਵਾਲੀਆਂ ਸਾਰੀਆਂ ਸਿਆਸੀ ਪਾਰਟੀਆਂ ਦਾ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਕੀਤੀ ਗਈ ਵਰਚੁਅਲ ਮੀਟਿੰਗ ਦੌਰਾਨ ਸਿੱਖਾਂ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਵੱਖ-ਵੱਖ ਕਮੇਟੀਆਂ ਕਾਇਮ ਕੀਤੀਆਂ ਗਈਆਂ।
ਪੰਥਕ ਤਾਲਮੇਲ ਸੰਗਠਨ ਦੇ ਆਗੂ ਐਡਵੋਕੇਟ ਜਸਵਿੰਦਰ ਸਿੰਘ ਨੇ ਦੱਸਿਆ ਕਿ ਅਸੈਂਬਲੀ ਦੇ ਕਨਵੀਨਰ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਬੁਲਾਰੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਸਨ। ਉਨ੍ਹਾਂ ਦੱਸਿਆ ਕਿ ਪੰਥਕ ਅਸੈਂਬਲੀ ਦੌਰਾਨ ਸਰਬਸੰਮਤੀ ਨਾਲ ਚਾਰ ਮਤੇ ਪਾਸ ਕੀਤੇ ਗਏ ਹਨ। ਬੁਲਾਰਿਆਂ ਨੇ ਕਿਹਾ ਕਿ ਅਕਾਲੀ ਸਰਕਾਰ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਥਾਂ ਵੋਟ ਬੈਂਕ ਖਾਤਰ ਬੇਅਦਬੀ ਘਟਨਾਵਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ। ਕਾਂਗਰਸ ਨੇ ਵੀ ਸੱਤਾ ਹਾਸਲ ਕਰਨ ਲਈ ਬੇਅਦਬੀ ਕਾਂਡ ਨੂੰ ਵਰਤਿਆ। ਇਸ ਸਬੰਧੀ ਪਾਸ ਕੀਤੇ ਇਕ ਮਤੇ ਰਾਹੀਂ ਪੰਥਕ ਅਸੈਂਬਲੀ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਬੇਅਦਬੀ ਘਟਨਾਵਾਂ ’ਤੇ ਸਿਆਸਤ ਕਰਨ ਵਾਲੀਆਂ ਸਾਰੀਆਂ ਧਿਰਾਂ ਦਾ ਵਿਧਾਨ ਸਭਾ ਚੋਣਾਂ ’ਚ ਬਾਈਕਾਟ ਕੀਤਾ ਜਾਵੇ। ਪੰਥਕ ਅਸੈਂਬਲੀ ਨੇ ਲੋਕ ਮੁੱਦਿਆਂ ਨੂੰ ਸਰਗਰਮ ਕਰਨ ਲਈ ਬਣਾਈ ਚਾਰ ਮੈਂਬਰੀ ਕਮੇਟੀ ਵਿੱਚ ਗੁਰਤੇਜ ਸਿੰਘ ਸਾਬਕਾ ਆਈਏਐੱਸ, ਜਸਪਾਲ ਸਿੰਘ ਸਿੱਧੂ ਪੱਤਰਕਾਰ, ਰਜਿੰਦਰ ਸਿੰਘ ਖਾਲਸਾ ਪੰਚਾਇਤ ਤੇ ਡਾ. ਖੁਸ਼ਹਾਲ ਸਿੰਘ ਚੰਡੀਗੜ੍ਹ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਧਰਮ ਅਤੇ ਲੋਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੀਆਂ ਸਿਆਸੀ ਪਾਰਟੀਆਂ ਤੇ ਸਿਆਸਤਦਾਨਾਂ ਖ਼ਿਲਾਫ਼ ਕਾਰਵਾਈ ਲਈ ਵਕੀਲਾਂ ਦਾ ਇਕ ਪੈਨਲ ਕਾਇਮ ਕੀਤਾ ਗਿਆ ਹੈ, ਜਿਸ ਵਿੱਚ ਐਡਵੋਕੇਟ ਨਵਕਿਰਨ ਸਿੰਘ, ਐੱਚਐੱਸ ਫੂਲਕਾ, ਹਰਪ੍ਰੀਤ ਸਿੰਘ, ਆਰਐੱਸ ਬੈਂਸ, ਨੀਨਾ ਸਿੰਘ ਐਡਵੋਕੇਟ ਦਿੱਲੀ ਸ਼ਾਮਲ ਹਨ।