ਸਿਆਸੀ ਕਤਲ: ਕੈਪਟਨ ਸਰਕਾਰ ਨੂੰ ਘੇਰਨਗੇ ਅਕਾਲੀ
ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਦੋ ਸਾਬਕਾ ਅਕਾਲੀ ਸਰਪੰਚਾਂ ਬਾਬਾ ਗੁਰਦੀਪ ਸਿੰਘ ਅਤੇ ਦਲਬੀਰ ਸਿੰਘ ਢਿੱਲਵਾਂ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਲਈ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ। ਇੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅੱਜ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਲੈਂਦਿਆਂ ਪਾਰਟੀ ਨੇ ਕਿਹਾ ਕਿ ਕਾਂਗਰਸੀ ਆਗੂਆਂ ਅਤੇ ਮੰਤਰੀਆਂ ਨਾਲ ਸਬੰਧ ਰੱਖਣ ਵਾਲੇ ਗੈਂਗਸਟਰਾਂ ਵੱਲੋਂ ਅਕਾਲੀ ਆਗੂਆਂ ਦੇ ਕੀਤੇ ਜਾ ਰਹੇ ਸਿਆਸੀ ਕਤਲ ਮੰਦਭਾਗਾ ਰੁਝਾਨ ਹੈ। ਪਾਰਟੀ ਪੰਜਾਬ ਅੰਦਰ ਗੈਂਗਸਟਰ-ਮੰਤਰੀ ਗਠਜੋੜ ਤੋੜਨ ਲਈ ਵਚਨਬੱਧ ਹੈ ਅਤੇ ਇਸ ਵਾਸਤੇ ਲੋਕਾਂ ਵਿਚ ਜਾਣ ਅਤੇ ਅਦਾਲਤ ਦਾ ਦਰਵਾਜ਼ਾ ਖੜਕਾਉਣ ਸਮੇਤ ਸਾਰੇ ਜ਼ਰੂਰੀ ਕਦਮ ਚੁੱਕੇ ਜਾਣਗੇ।
ਕੋਰ ਕਮੇਟੀ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਬਿਜਲੀ ਦਰਾਂ ਵਿਚ ਕੀਤੇ ਭਾਰੀ ਵਾਧੇ ਨੂੰ ਵਾਪਸ ਕਰਵਾਉੁਣ ਲਈ ਅੰਦੋਲਨ ਕੀਤਾ ਜਾਵੇਗਾ। ਸ੍ਰੀ ਬਾਦਲ ਨੇ ਕਿਹਾ ਕਿ ਬਿਜਲੀ ਦਰਾਂ ਦਾ ਵਾਧਾ ਤੁਰੰਤ ਵਾਪਸ ਕਰਵਾਉਣ ਲਈ ਰਾਜ ਭਰ ਵਿਚ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ। ਪਹਿਲਾ ਧਰਨਾ 2 ਫਰਵਰੀ ਨੂੰ ਸੰਗਰੂਰ ਵਿਚ ਦਿੱਤਾ ਜਾਵੇਗਾ, ਉਸ ਤੋਂ ਬਾਅਦ ਬਠਿੰਡਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿਚ ਧਰਨੇ ਦਿੱਤੇ ਜਾਣਗੇ। ਕੋਰ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ ਸੀਨੀਅਰ ਆਗੂਆਂ ਦਾ ਵਫ਼ਦ ਜਲਦੀ ਹੀ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲ ਕੇ ਬਲਵੰਤ ਸਿੰਘ ਰਾਜੋਆਣਾ ਦੀ ਨਜ਼ਰਬੰਦੀ ਨੂੰ ਲੈ ਕੇ ਸਿੱਖਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਏਗਾ। ਉਨ੍ਹਾਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਬੇਅਦਬੀ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸ੍ਰੀ ਰੰਧਾਵਾ ਦੀ ਇਸ ਹਰਕਤ ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਲਈ ਧਾਰਾ 295 ਤਹਿਤ ਕਾਂਗਰਸੀ ਮੰਤਰੀ ਖ਼ਿਲਾਫ ਤੁਰੰਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।
ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਵਿਚ ਪੀਲੀਭੀਤ ਵਿਚ ਨਗਰ ਕੀਰਤਨ ਵਿਚ ਭਾਗ ਲੈ ਰਹੇ 55 ਸਿੱਖ ਸ਼ਰਧਾਲੂਆਂ ਖਿਲਾਫ ਕੇਸ ਦਰਜ ਕੀਤੇ ਜਾਣ ਅਤੇ ਮੱਧ ਪ੍ਰਦੇਸ਼ ਵਿਚ ਸਿੱਖ ਪਰਿਵਾਰਾਂ ਦੀ 200 ਏਕੜ ਜ਼ਮੀਨ ਅਤੇ 9 ਘਰਾਂ ਦੇ ਕੀਤੇ ਨੁਕਸਾਨ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਦੋਵੇਂ ਘਟਨਾਵਾਂ ਦੀ ਜਾਂਚ ਕਰਕੇ ਢੁੱਕਵੇਂ ਹੱਲ ਸੁਝਾਉਣ ਲਈ ਕੋਰ ਕਮੇਟੀ ਦੇ ਦੋ ਮੈਂਬਰਾਂ ਸੰਸਦ ਮੈਂਬਰਾਂ ਬਲਵਿੰਦਰ ਸਿੰਘ ਭੂੰਦੜ ਅਤੇ ਨਰੇਸ਼ ਗੁਜਰਾਲ ਨੂੰ ਨਿਯੁਕਤ ਕੀਤਾ। ਇਹ ਦੋਵੇਂ ਸੰਸਦ ਮੈਂਬਰ ਘਟਨਾ ਸਥਾਨਾਂ ਦਾ ਜਾਇਜ਼ਾ ਲੈਣਗੇ। ਕੋਰ ਕਮੇਟੀ ਦੀ ਮੀਟਿੰਗ ਵਿਚ ਜਥੇਦਾਰ ਤੋਤਾ ਸਿੰਘ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਸਿਕੰਦਰ ਸਿੰਘ ਮਲੂਕਾ, ਸ਼ਰਨਜੀਤ ਸਿੰਘ ਢਿੱਲੋਂ, ਡਾ. ਦਲਜੀਤ ਸਿੰਘ ਚੀਮਾ ਤੇ ਹੋਰ ਹਾਜ਼ਰ ਸਨ।