ਸਿੱਖ ਜਥੇਬੰਦੀਆਂ ਵੱਲੋਂ ਜਥੇਦਾਰ ਨੂੰ ਸਮਾਗਮ ’ਚ ਸ਼ਾਮਲ ਨਾ ਹੋਣ ਦੀ ਅਪੀਲ

ਸਿੱਖ ਜਥੇਬੰਦੀਆਂ ਵੱਲੋਂ ਜਥੇਦਾਰ ਨੂੰ ਸਮਾਗਮ ’ਚ ਸ਼ਾਮਲ ਨਾ ਹੋਣ ਦੀ ਅਪੀਲ

ਦਲ ਖਾਲਸਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਆਗੂਆਂ ਨੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਪੰਜ ਅਗਸਤ ਨੂੰ ਰਾਮ ਮੰਦਰ ਦੇ ਨਿਰਮਾਣ ਲਈ ਅਯੁੱਧਿਆ ਵਿੱਚ ਕੀਤੇ ਜਾਣ ਵਾਲੇ ਸਮਾਗਮ ਵਿਚ ਸ਼ਾਮਲ ਨਾ ਹੋਣ। ਇਹ ਪੱਤਰ ਦਲ ਖਾਲਸਾ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਵੱਲੋਂ ਲਿਖਿਆ ਗਿਆ ਹੈ। ਉਨ੍ਹਾਂ ਇਸ ਸਬੰਧੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਗੱਲ ਵੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਅਦਾਲਤ ਵੱਲੋਂ ਇਸ ਮਾਮਲੇ ਵਿਚ ਇਕਪਾਸੜ ਫ਼ੈਸਲਾ ਕੀਤਾ ਗਿਆ ਹੈ, ਜੋ ਕਿ ਸਿਆਸਤ ਤੋਂ ਪ੍ਰੇਰਿਤ ਹੈ। ਮੰਦਰ ਦਾ ਉਦਘਾਟਨੀ ਸਮਾਰੋਹ ਉਸ ਦਿਨ ਰੱਖਿਆ ਗਿਆ ਹੈ ਜਦੋਂ ਜੰਮੂ ਕਸ਼ਮੀਰ ਦੇ ਵਿਸ਼ੇਸ਼ ਰੁਤਬੇ ਨੂੰ ਖਤਮ ਕਰਨ ਵਾਲੀ ਧਾਰਾ 370 ਨੂੰ ਹਟਾਉਣ ਦੀ ਪਹਿਲੀ ਵਰ੍ਹੇਗੰਢ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਅਤੇ ਤਾਰੀਖ਼ ਸੋਚ ਸਮਝ ਕੇ ਰੱਖੀ ਗਈ ਹੈ ਤਾਂ ਜੋ ਕਸ਼ਮੀਰੀ ਅਵਾਮ ਨੂੰ ਇਸ ਦਾ ਅਹਿਸਾਸ ਕਰਾਇਆ ਜਾ ਸਕੇ।
ਗੁਰਦੁਆਰਿਆਂ ਦੇ ਮਸਲੇ ਹੱਲ ਕਰਨ ਦੀ ਅਪੀਲ
ਇਸ ਦੌਰਾਨ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਸਮੁੱਚੀ ਸਿੱਖ ਲੀਡਰਸ਼ਿਪ ਨੂੰ ਅਪੀਲ ਕੀਤੀ ਹੈ ਕਿ ਅਯੁੱਧਿਆ ਵਿਚ ਹੋ ਰਹੇ ਸਮਾਗਮਾਂ ਵਿਚ ਸ਼ਾਮਲ ਹੋਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀਆਂ ਨੂੰ ਇਕ ਮੰਚ ’ਤੇ ਇਕੱਠੇ ਹੋ ਕੇ ਹਰਿਦੁਆਰ ਵਿਚ ਗੁਰਦੁਆਰਾ ਗਿਆਨ ਗੋਦੜੀ , ਜਗਨਨਾਥ ਪੁਰੀ ਵਿਚ ਮੰਗੂਮੱਠ ਅਤੇ ਸਿੱਕਮ ਵਿਚ ਗੁਰਦੁਆਰਾ ਗੁਰੂ ਡਾਂਗਮਾਰ ਦੇ ਮਸਲਾ ਹੱਲ ਕਰਨ ਲਈ ਯਤਨ ਕਰਨੇ ਚਾਹੀਦੇ ਹਨ।

Radio Mirchi