ਸਿੱਧੂ ਨੂੰ ਉੱਪ ਮੁੱਖ ਮੰਤਰੀ ਬਣਾਉਣ ਲਈ ਰਾਜ਼ੀ ਨਹੀਂ ਕੈਪਟਨ ਅਮਰਿੰਦਰ ਸਿੰਘ
ਪੰਜਾਬ ਕਾਂਗਰਸ ਵਿਚਲਾ ਵਿਵਾਦ ਸੁਲਝਾਉਣ ਲਈ ਅੱਜ ਪਾਰਟੀ ਹਾਈ ਕਮਾਂਡ ਵੱਲੋਂ ਬਣਾਈ ਖੜਗੇ ਕਮੇਟੀ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਹ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਉੱਪ ਮੁੱਖ ਮੰਤਰੀ ਬਣਾਉਣ ਲਈ ਤਿਆਰ ਨਹੀਂ ਹਨ ਪਰ ਸਿੱਧੂ ਨੂੰ ਮੰਤਰੀ ਬਣਾਉਣ ’ਤੇ ਕੋਈ ਇਤਰਾਜ਼ ਨਹੀਂ ਹੈ। ਸੂਤਰਾਂ ਅਨੁਸਾਰ ਮੀਟਿੰਗ ਵਿੱਚ ਅਮਰਿੰਦਰ ਨੇ ਸਿੱਧੂ ਵੱਲੋਂ ਮੀਡੀਆ ’ਚ ਦਿੱਤੇ ਗਏ ਬਿਆਨਾਂ ’ਤੇ ਨਾਰਾਜ਼ਗੀ ਜ਼ਾਹਿਰ ਕੀਤੀ। ਹਾਲ ਦੀ ਘੜੀ ਸਿੱਧੂ ਦਾ ਕੋਈ ਪਾਸਾ ਸਿੱਧਾ ਪੈਂਦਾ ਨਜ਼ਰ ਨਹੀਂ ਆ ਰਿਹਾ। ਉੱਧਰ ਸਿੱਧੂ ਨੇ ਅੱਜ ਖੜਗੇ ਕਮੇਟੀ ਸਾਹਮਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਾਂਝੀ ਬੈਠਕ ’ਚ ਸ਼ਾਮਲ ਹੋਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੀਟਿੰਗ ਕਰਕੇ ਪੰਜਾਬ ਕਾਂਗਰਸ ਨਾਲ ਜੁੜੇ ਮਸਲੇ ਵਿਚਾਰੇ। ਇਸੇ ਦੌਰਾਨ ਪਾਰਟੀ ਆਗੂ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਕਾਂਗਰਸ ਪੰਜਾਬ ਵਿਧਾਨ ਸਭਾ ਚੋਣਾਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਪੰਜਾਬ ਇਕਾਈ ਦੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਚੋਣਾਂ ਲੜਨ ਦੀ ਗੱਲ ਕਹਿ ਕੇ ਹਾਈ ਕਮਾਨ ਨੇ ਨਵਜੋਤ ਸਿੱਧੂ ਖੇਮੇ ਨੂੰ ਵੀ ਕੁਝ ਸੰਕੇਤ ਦੇਣ ਦੀ ਕੋਸ਼ਿਸ਼ ਕੀਤੀ ਹੈ।