ਸੁਮੇਧ ਸੈਣੀ ਤੋਂ ਸ਼ਨਿਚਰਵਾਰ ਜਾਂ ਐਤਵਾਰ ਹੋ ਸਕਦੀ ਹੈ ਪੁੱਛ-ਪੜਤਾਲ
ਆਖ਼ਰਕਾਰ ਪੰਜਾਬ ਪੁਲੀਸ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਆਪਣੀ ਚੁੱਪ ਤੋੜਦਿਆਂ ਪੇਸ਼ਗੀ ਜ਼ਮਾਨਤ ਮਿਲਣ ਤੋਂ ਬਾਅਦ ਮੁਹਾਲੀ ਦੇ ਮਟੌਰ ਥਾਣੇ ਵਿੱਚ ਪਹੁੰਚ ਕੇ ਆਪਣਾ ਪਾਸਪੋਰਟ ਜਮ੍ਹਾਂ ਕਰਵਾ ਦਿੱਤਾ ਹੈ। ਸੈਣੀ ਬੀਤੀ ਦੇਰ ਸ਼ਾਮ ਅਚਾਨਕ ਥਾਣੇ ਪਹੁੰਚ ਗਏ ਅਤੇ ਥਾਣਾ ਮੁਖੀ ਦੇ ਦਫ਼ਤਰ ਵਿੱਚ ਐੱਸਪੀ (ਡੀ) ਹਰਮਨਦੀਪ ਸਿੰਘ ਹਾਂਸ ਅਤੇ ਐੱਸਐੱਚਓ ਰਾਜੀਵ ਕੁਮਾਰ ਦੇ ਅੱਗੇ ਪੇਸ਼ ਹੋਏ।
ਮੁਹਾਲੀ ਦੇ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਸਾਬਕਾ ਡੀਜੀਪੀ ਮਾਮਲੇ ਵਿੱਚ ਐੱਸਪੀ (ਡੀ) ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਹੇਠ ਚਾਰ ਮੈਂਬਰੀ ਵਿਸ਼ੇਸ਼ ਟੀਮ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੁਮੇਧ ਸੈਣੀ ਤੋਂ ਉਨ੍ਹਾਂ ਖ਼ਿਲਾਫ਼ ਦਰਜ ਅਪਰਾਧਿਕ ਮਾਮਲੇ ਵਿੱਚ ਪੁੱਛ-ਪੜਤਾਲ ਕਰਨ ਲਈ ਸ਼ਨਿਚਰਵਾਰ ਜਾਂ ਐਤਵਾਰ ਨੂੰ ਸੱਦਿਆ ਜਾਵੇਗਾ। ਇਸ ਸਬੰਧੀ ਸਾਬਕਾ ਪੁਲੀਸ ਮੁਖੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਭੇਜਿਆ ਜਾਵੇਗਾ। ਜਾਂਚ ਅਧਿਕਾਰੀ ਐੱਸਪੀ (ਡੀ) ਹਰਮਨਦੀਪ ਸਿੰਘ ਹਾਂਸ ਨੇ ਕਿਹਾ ਕਿ ਫਿਲਹਾਲ ਹਾਲੇ ਉਹ ਕੁਝ ਨਹੀਂ ਦੱਸ ਸਕਦੇ ਹਨ। ਜਾਂਚ ਮੁਕੰਮਲ ਹੋਣ ਤੋਂ ਬਾਅਦ ਮੀਡੀਆ ਨਾਲ ਗੱਲ ਸਾਂਝੀ ਕੀਤੀ ਜਾਵੇਗੀ।
ਇੱਥੇ ਇਹ ਦੱਸਣਯੋਗ ਹੈ ਕਿ ਸਾਬਕਾ ਡੀਜੀਪੀ ਸੈਣੀ ’ਤੇ 29 ਸਾਲ ਪਹਿਲਾਂ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੇਈ ਬਲਵਿੰਦਰ ਸਿੰਘ ਮੁਲਤਾਨੀ ਨੂੰ 11 ਦਸੰਬਰ 1991 ਨੂੰ ਇਥੋਂ ਦੇ ਫੇਜ਼-7 ਸਥਿਤ ਘਰੋਂ ਚੁੱਕ ਕੇ ਤਸ਼ੱਦਦ ਢਾਹੁਣ ਮਗਰੋਂ ਨੌਜਵਾਨ ਨੂੰ ਗਾਇਬ ਕਰਨ ਦਾ ਦੋਸ਼ ਹੈ।
ਪੀੜਤ ਨੌਜਵਾਨ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ ’ਤੇ ਮਟੌਰ ਥਾਣੇ ਵਿੱਚ ਧਾਰਾ 364 (ਕਤਲ ਦੇ ਇਰਾਦੇ ਨਾਲ ਅਗਵਾ ਕਰਨਾ), 201 (ਸਬੂਤਾਂ ਨੂੰ ਗਾਇਬ ਕਰਨਾ), 344 (ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖਣਾ) 330 (ਦਬਾਅ ਬਣਾ ਕੇ ਇਕਬਾਲੀਆ ਬਿਆਨ ਲੈਣਾ) ਅਤੇ 120-ਬੀ (ਅਪਰਾਧਿਕ ਸਾਜ਼ਿਸ਼ ਰਚਨਾ) ਤਹਿਤ ਸੁਮੇਧ ਸੈਣੀ ਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਜਿਸ ਵਿੱਚ ਉਸ ਸਮੇਂ ਦੇ ਡੀਐੱਸਪੀ ਬਲਦੇਵ ਸਿੰਘ ਸੈਣੀ, ਸਤਵੀਰ ਸਿੰਘ, ਹਰ ਸਹਾਏ, ਜਗੀਰ ਸਿੰਘ ਅਤੇ ਅਨੂਪ ਸਿੰਘ (ਸਾਰੇ ਸਬ ਇੰਸਪੈਕਟਰ) ਅਤੇ ਏਐੱਸਆਈ ਥਾਣੇਦਾਰ ਕੁਲਦੀਪ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਦਾ ਨਾਮ ਸ਼ਾਮਲ ਹੈ। ਇਸ ਮਾਮਲੇ ਵਿੱਚ 11 ਮਈ ਨੂੰ ਮੁਹਾਲੀ ਦੀ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਗੋਇਲ ਨੇ ਸਾਬਕਾ ਡੀਜੀਪੀ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰਦਿਆਂ ਸੈਣੀ ਨੂੰ ਸੱਤ ਦਿਨਾਂ ਦੇ ਅੰਦਰ ਅੰਦਰ ਸਬੰਧਤ ਜਾਂਚ ਅਧਿਕਾਰੀ ਕੋਲ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਸੀ। ਅਦਾਲਤ ਨੇ ਸੈਣੀ ਨੂੰ ਆਪਣਾ ਪਾਸਪੋਰਟ ਪੁਲੀਸ ਕੋਲ ਜਮ੍ਹਾਂ ਕਰਵਾਉਣ ਲਈ ਕਿਹਾ ਸੀ।
ਅਦਾਲਤ ਨੇ ਇਹ ਵੀ ਕਿਹਾ ਹੈ ਕਿ ਜਦੋਂ ਤੱਕ ਕਰੋਨਾਵਾਇਰਸ ਲੌਕਡਾਊਨ ਖ਼ਤਮ ਨਹੀਂ ਹੋ ਜਾਂਦਾ ਉਹ ਆਪਣੇ ਘਰ ਤੋਂ ਬਾਹਰ ਨਹੀਂ ਜਾਣਗੇ। ਬਸ਼ਰਤੇ ਉਨ੍ਹਾਂ ਨੂੰ ਕੋਈ ਮੈਡੀਕਲ ਐਮਰਜੈਂਸੀ ਹੋਵੇ ਜਾਂ ਫਿਰ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸੱਦਿਆ ਗਿਆ ਹੋਵੇ। ਅਦਾਲਤ ਨੇ ਸੈਣੀ ਨੂੰ ਇਹ ਵੀ ਹੁਕਮ ਦਿੱਤੇ ਹਨ ਕਿ ਉਹ ਬਿਨਾਂ ਆਗਿਆ ਦੇਸ਼ ’ਚੋਂ ਬਾਹਰ ਨਹੀਂ ਜਾਣਗੇ ਅਤੇ ਜ਼ਮਾਨਤ ਪੀਰੀਅਡ ਦੌਰਾਨ ਉਹ ਕਿਸੇ ਨੂੰ ਧਮਕਾਉਣ ਜਾਂ ਲਾਲਚ ਦੇਣ ਦੀ ਕੋਸ਼ਿਸ਼ ਨਹੀਂ ਕਰਨਗੇ ਅਤੇ ਉਕਤ ਕੇਸ ਸਬੰਧੀ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ।