ਸੂਬੇ ’ਚ ਕਰੋਨਾ ਪੀੜਤਾਂ ਦੀ ਗਿਣਤੀ 256 ਹੋਈ

ਸੂਬੇ ’ਚ ਕਰੋਨਾ ਪੀੜਤਾਂ ਦੀ ਗਿਣਤੀ 256 ਹੋਈ

ਪੰਜਾਬ ਵਿੱਚ ਕਰੋਨਾਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 256 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਜਲੰਧਰ ਅਤੇ ਰਾਜਪੁਰਾ ਵਿੱਚ ਇਸ ਵਾਇਰਸ ਦੇ 5-5 ਮਾਮਲੇ ਸਾਹਮਣੇ ਆਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਵਿੱਚ ਮਰੀਜ਼ਾਂ ਦੀ ਗਿਣਤੀ ਵੱਧ ਕੇ 31 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਦੱਸਣਾ ਹੈ ਕਿ ਜਲੰਧਰ, ਮੁਹਾਲੀ ਅਤੇ ਪਟਿਆਲਾ ਨੂੰ ਛੱਡ ਕੇ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਕਰੋਨਾ ਦਾ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ। ਰਾਹਤ ਵਾਲੀ ਖ਼ਬਰ ਇਹ ਵੀ ਹੈ ਕਿ ਹੁਣ ਤੱਕ 49 ਵਿਅਕਤੀ ਪੂਰੀ ਤਰ੍ਹਾਂ ਠੀਕ ਵੀ ਹੋ ਚੱਕੇ ਹਨ। ਨਵਾਂ ਸ਼ਹਿਰ
ਜਿੱਥੇ ਸਭ ਤੋਂ ਪਹਿਲਾਂ ਕਰੋਨਾ ਵਾਇਰਸ ਨਾਲ ਇੱਕ ਬਜ਼ੁਰਗ ਬਲਦੇਵ ਸਿੰਘ ਦੀ ਮੌਤ ਹੋਈ ਸੀ, ਉਥੇ ਪਿਛਲੇ ਕਈ ਹਫ਼ਤਿਆਂ ਤੋਂ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਤੇ ਇਸ ਜ਼ਿਲ੍ਹੇ ਦੇ 18 ਮਰੀਜ਼ਾਂ ਵਿੱਚੋਂ 17 ਠੀਕ ਹੋ ਗਏ ਹਨ। ਇਸ ਸਮੇਂ ਸਿਰਫ਼ ਇੱਕੋ ਮਰੀਜ਼ ਹੀ ਜ਼ੇਰੇ ਇਲਾਜ ਹੈ। ਮੁਹਾਲੀ ’ਚ ਵੀ ਮਰੀਜ਼ਾਂ ਦਾ ਅੰਕੜਾ ਤਾਂ 62 ਤੱਕ ਪਹੁੰਚਿਆ ਹੋਇਆ ਹੈ ਪਰ 14 ਮਰੀਜ਼ ਠੀਕ ਵੀ ਹੋਏ ਹਨ। ਸੂਬਾ ਸਰਕਾਰ ਦੀ ਅਧਿਕਾਰਤ ‘ਐਪ’ ਮੁਤਾਬਕ 13 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਘਰਾਂ ਅੰਦਰ ਹੀ ਏਕਾਂਤ ’ਚ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ 1290 ਵਿਅਕਤੀਆਂ ਨੂੰ ਹਸਪਤਾਲਾਂ ਵਿੱਚ ਏਕਾਂਤ ’ਚ ਰੱਖਿਆ ਗਿਆ ਹੈ। ਸਿਹਤ ਵਿਭਾਗ ਮੁਤਾਬਕ ਪਟਿਆਲਾ, ਮੁਹਾਲੀ, ਜਲੰਧਰ, ਲੁਧਿਆਣਾ ਅਤੇ ਪਠਾਨਕੋਟ ਵਿੱਚ ਜ਼ਿਆਦਾ ਮਰੀਜ਼ ਹੋਣ ਕਾਰਨ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।

Radio Mirchi