ਸੋਨੀਆ ਵੱਲੋਂ ਕੈਪਟਨ ਨੂੰ ਸੀਏਏ ’ਤੇ ਲੋਕ ਲਾਮਬੰਦੀ ਦੀ ਹਦਾਇਤ
ਪੰਜਾਬ ਵਿੱਚ ਬਿਜਲੀ ਦੀਆਂ ਵਧੀਆਂ ਦਰਾਂ ਤੋਂ ਕਾਂਗਰਸ ਹਾਈਕਮਾਂਡ ਵੀ ਚਿੰਤਤ ਹੈ। ਇਹ ਮੁੱਦਾ ਅੱਜ ਨਵੀਂ ਦਿੱਲੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦਰਮਿਆਨ ਹੋਈ ਮੀਟਿੰਗ ਦੌਰਾਨ ਵਿਚਾਰਿਆ ਗਿਆ। ਇਸ ਮੀਟਿੰਗ ਦੌਰਾਨ ਨਾਗਰਿਕਤਾ ਸੋਧ ਕਾਨੂੰਨ ’ਤੇ ਲੋਕ ਮੁਹਿੰਮ ਬਣਾਉਣ ਲਈ ਵੀ ਸੋਨੀਆ ਗਾਂਧੀ ਅਤੇ ਕੈਪਟਨ ਦਰਮਿਆਨ ਚਰਚਾ ਹੋਈ।
ਸੂਤਰਾਂ ਦਾ ਦੱਸਣਾ ਹੈ ਕਿ ਸ੍ਰੀਮਤੀ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਨੂੰ ਸਪੱਸ਼ਟ ਤੌਰ ’ਤੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੀਆਂ ਵਧੀਆਂ ਹੋਈਆਂ ਦਰਾਂ ਦਾ ਹੱਲ ਕੱਢ ਕੇ ਲੋਕਾਂ ਨੂੰ ਵਿੱਤੀ ਭਾਰ ਤੋਂ ਮੁਕਤ ਕੀਤਾ ਜਾਵੇ। ਮੁੱਖ ਮੰਤਰੀ ਨੇ ਕਾਂਗਰਸ ਪ੍ਰਧਾਨ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ’ਤੇ ਸਰਕਾਰ ਵੱਲੋਂ ਜਲਦੀ ਹੀ ਠੋਸ ਕਦਮ ਚੁੱਕੇ ਜਾਣਗੇ। ਸੂਤਰਾਂ ਦਾ ਇਹ ਵੀ ਦੱਸਣਾ ਹੈ ਕਿ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਨਾਗਰਰਿਕਤਾ ਸੋਧ ਕਾਨੂੰਨ (ਸੀਏਏ) ’ਤੇ ਸੂਬੇ ਵਿੱਚ ਲੋਕਾਂ ਦੀ ਲਾਮਬੰਦੀ ਕੀਤੀ ਜਾਵੇ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਸਮਝਾਇਆ ਜਾਵੇ ਕਿ ਸੀਏਏ ਮਹਿਜ਼ ਇੱਕ ਵਰਗ ਦੇ ਲੋਕਾਂ ਲਈ ਹੀ ਪ੍ਰੇਸ਼ਾਨੀਆ ਖੜ੍ਹੀਆਂ ਨਹੀਂ ਕਰੇਗਾ ਸਗੋਂ ਇਹ ਕਾਨੂੰਨ ਗਰੀਬਾਂ ਅਤੇ ਦਲਿਤਾਂ ਲਈ ਵੀ ਵੱਡੀ ਮੁਸੀਬਤ ਬਣੇਗਾ। ਉਨ੍ਹਾਂ ਇਸ ਮੁੱਦੇ ’ਤੇ ਜਨ ਸੰਘਰਸ਼ ਭਖਾਉਣ ਅਤੇ ਪਾਰਟੀ ਨੂੰ ਮਜ਼ਬੂਤੀ ਨਾਲ ਅਗਵਾਈ ਕਰਨ ਲਈ ਕਿਹਾ। ਇਸ ਮੁੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਅਤੇ ਪ੍ਰਦੇਸ਼ ਕਾਂਗਰਸ ਵੱਲੋਂ ਹੁਣ ਤੱਕ ਕੀਤੇ ਕੰਮਾਂ ਦਾ ਬਿਓਰਾ ਵੀ ਦਿੱਤਾ ਤੇ ਇਹ ਵੀ ਕਿਹਾ ਕਿ ਰਾਜ ਸਰਕਾਰ ਸੀਏਏ ਨੂੰ ਚੁਣੌਤੀ ਦੇਣ ਲਈ ਅਦਾਲਤ ਜਾਣ ਦੀ ਤਿਆਰੀ ਵੀ ਕਰ ਰਹੀ ਹੈ। ਸ੍ਰੀਮਤੀ ਗਾਂਧੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਸੂਬੇ ਦੇ ਭਖਦੇ ਮੁੱਦਿਆਂ ’ਤੇ ਚਰਚਾ ਹੋਈ। ਮੀਟਿੰਗ ਵਿੱਚ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਸੂਬਾਈ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਵੀ ਮੌਜੂਦ ਸਨ। ਸੂਤਰਾਂ ਅਨੁਸਾਰ ਮੀਟਿੰਗ ਦੌਰਾਨ ਬੇਅਦਬੀ ਤੇ ਬਰਗਾੜੀ ਕਾਂਡ ਆਦਿ ਹੋਰਨਾਂ ਮਾਮਲਿਆਂ ਬਾਰੇ ਵੀ ਗੱਲਬਾਤ ਹੋਈ। ਬੇਅਦਬੀ ਅਤੇ ਬਰਗਾੜੀ ਕਾਂਡ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਥਿਤ ਦੋਸ਼ੀ ਪੁਲੀਸ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਤੇ ਹੋਰਨਾਂ ਦੋਸ਼ੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ।