ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ

ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ

ਫਰਿਜ਼ਨੋ, — ਕ੍ਰਾਂਤੀਕਾਰੀ ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦਾ 643 ਵਾਂ ਗੁਰਪੁਰਬ ਫਰਿਜ਼ਨੋ ਦੇ ਗੁਰਦਵਾਰਾ ਸਿੰਘ ਸਭਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿੱਥੇ ਐਤਵਾਰ ਦੇ ਦੀਵਾਨ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਯਾਦ ਕਰਦਿਆਂ ਰੂਹਾਨੀ ਗੁਰਮਤਿ ਵਿਚਾਰਾਂ ਹੋਈਆਂ ਅਤੇ ਕੀਰਤਨ ਦੀਵਾਨ ਸਜੇ। ਇਨ੍ਹਾਂ ਦੀਵਾਨਾਂ ਵਿੱਚ ਗੁਰੂ ਘਰ ਦੇ ਕੀਰਤਨੀਏ ਭਾਈ ਸਰਬਜੀਤ ਸਿੰਘ ਦੇ ਜੱਥੇ ਨੇ ਕੀਰਤਨ ਰਾਹੀਂ ਹਾਜ਼ਰੀ ਭਰੀ।
ਇਸ ਸਮਾਗਮ ਵਿੱਚ ਕਥਾਵਾਚਕ ਭਾਈ ਮਲਕੀਤ ਸਿੰਘ ਨੇ ਗੁਰੂ ਸ਼ਬਦ ਦੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਜੀ ਦੀ ਮਹਿਮਾ ਅਤੇ ਇਤਿਹਾਸ ਸਰਵਨ ਕਰਵਾਇਆ। ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਉੱਘੇ ਸਮਾਜਸੇਵੀ ਸੁਖਬੀਰ ਸਿੰਘ ਭੰਡਾਲ ਨੇ ਸਟੇਜ ਤੋਂ ਧਾਰਮਿਕ ਸਾਂਝੀਵਾਲਤਾ ਦਾ ਸੁਨੇਹਾ ਦਿੰਦੇ ਹੋਏ ਵਿਚਾਰਾਂ ਦੀ ਸਾਂਝ ਪਾਈ। ਸਟੇਜ ਸੰਚਾਲਕ ਦੀ ਸੇਵਾ ਭਾਈ ਗੁਰਪ੍ਰੀਤ ਸਿੰਘ ਮਾਨ ਨੇ ਨਿਭਾਈ।
ਗੁਰੂ ਦੀ ਮਹਿਮਾ ਦੇ ਨਾਲ-ਨਾਲ ਐਤਵਾਰ ਦੇ ਇਸ ਵਿਸ਼ੇਸ਼ ਦੀਵਾਨ ਵਿੱਚ ਪ੍ਰਮੋਧ ਲੋਈ ਅਤੇ ਪਰਿਵਾਰ ਵੱਲੋਂ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਸਮਾਗਮ ਦੀ ਵਿਸ਼ੇਸ਼ ਮਹਾਨਤਾ ਇਹ ਰਹੀ ਕਿ ਜਾਤ-ਪਾਤ ਦੇ ਵਿਤਕਰੇ ਤੋਂ ਉਪਰ ਉੱਠ ਕੇ ਸਮੁੱਚੇ ਪੰਜਾਬੀ ਭਾਈਚਾਰੇ ਨੇ ਬਹੁ ਗਿਣਤੀ ਵਿੱਚ ਹਾਜ਼ਰੀਆਂ ਭਰਦੇ ਹੋਏ ਗੁਰੂ ਰਵਿਦਾਸ ਮਹਾਰਾਜ ਦਾ ਪੁਰਬ ਬਹੁਤ ਹੀ ਸ਼ਰਧਾ ਅਤੇ ਸਦਭਾਵਨਾ ਨਾਲ ਮਨਾਇਆ।

Radio Mirchi