ਸੰਕੇਤਕ ਰੂਪ ’ਚ ਹੋਏ ਸ਼ਹੀਦੀ ਸਮਾਗਮ
ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸੰਕੇਤਕ ਤੌਰ ’ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਰਾਮਸਰ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਕਰੋਨਾ ਸੰਕਟ ਕਾਰਨ ਅੱਜ ਸ਼ਹਿਰ ’ਚ ਸ਼ਹੀਦੀ ਪੁਰਬ ਮੌਕੇ ਛਬੀਲਾਂ ਨਹੀਂ ਲੱਗੀਆਂ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਕੀਤੀ ਗਈ ਅਪੀਲ ਦੇ ਸਿੱਟੇ ਵਜੋਂ ਸ਼ਹੀਦੀ ਪੁਰਬ ਮੌਕੇ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲਾਂ ਵਾਂਗ ਹੁੰਮ ਹੁਮਾ ਕੇ ਨਹੀਂ ਪੁੱਜੀਆਂ ਪਰ ਪਿਛਲੇ ਦਿਨਾਂ ਨਾਲੋਂ ਅੱਜ ਇਥੇ ਵਧੇਰੇ ਸੰਗਤ ਨਤਮਸਤਕ ਹੋਣ ਆਈ ਸੀ। ਸੰਗਤਾਂ ਨੇ ਤੜਕੇ ਹੀ ਮੱਥਾ ਟੇਕਿਆ ਅਤੇ ਸਰੋਵਰ ਵਿਚ ਇਸ਼ਨਾਨ ਵੀ ਕੀਤਾ। ਸ਼ਹਿਰ ਵਿਚ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਦਿਖਾਈ ਨਹੀਂ ਦਿੱਤੀਆਂ ਜੋ ਪਹਿਲਾਂ ਵੱਡੀ ਗਿਣਤੀ ਵਿਚ ਲਗਦੀਆਂ ਸਨ। ਇਸ ਦੌਰਾਨ ਅੱਜ ਸੰਗਤ ਦੇ ਵੱਡੇ ਇਕੱਠ ਨੂੰ ਰੋਕਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਆਉਣ ਵਾਲੇ ਰਸਤਿਆਂ ਅਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਣ ਵਾਲੇ ਰਸਤਿਆਂ ’ਤੇ ਨਾਕਾਬੰਦੀ ਨੂੰ ਸਖਤ ਕਰ ਦਿੱਤਾ ਗਿਆ ਸੀ।
ਅੱਜ ਸਵੇਰੇ ਗੁਰਦੁਆਰਾ ਰਾਮਸਰ ਵਿਖੇ ਅਖੰਡ ਪਾਠ ਦੇ ਭੋਗ ਮਗਰੋਂ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਆਖਿਆ ਕਿ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਸੀ ਕਿ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਆਪੋ-ਆਪਣੇ ਘਰਾਂ ਵਿਚ ਹੀ ਪਾਠ ਕਰਕੇ ਅਰਦਾਸ ਕਰਨ ਜਿਸ ਦੇ ਚਲਦਿਆਂ ਅੱਜ ਸੰਕੇਤਕ ਸਮਾਗਮ ਕੀਤਾ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਗੁਰੂ ਸਾਹਿਬ ਦੀ ਸ਼ਹਾਦਤ ਦੇ ਇਤਿਹਾਸ ’ਤੇ ਚਾਨਣਾ ਪਾਇਆ। ਸਮਾਗਮ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਹਾਜ਼ਰ ਸਨ।