ਹੈਰੀਟੇਜ ਸਟਰੀਟ ’ਚੋਂ ਸੱਭਿਆਚਾਰਕ ਬੁੱਤ ਹਟਾਉਣ ਲਈ ਮਾਰਚ
ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ ਵਿੱਚ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਬੁੱਤਾਂ ਨੂੰ ਗਲਤ ਕਰਾਰ ਦਿੰਦਿਆਂ ਕੁਝ ਸਿੱਖ ਜਥੇਬੰਦੀਆਂ ਵੱਲੋਂ ਐਤਵਾਰ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੀ ਮੰਗ ਕਰਦਿਆਂ ਹੈਰੀਟੇਜ ਸਟਰੀਟ ਵੱਲ ਮਾਰਚ ਕੀਤਾ ਗਿਆ ਪਰ ਪੁਲੀਸ ਨੇ ਵਿਖਾਵਾਕਾਰੀਆਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਇਸ ਦੌਰਾਨ ਪੁਲੀਸ ਨੇ ਸਿੱਖ ਜਥੇਬੰਦੀਆਂ ਦੇ ਕੁਝ ਆਗੂਆਂ ਨੂੰ ਹਿਰਾਸਤ ’ਚ ਵੀ ਲਿਆ, ਜਿਨ੍ਹਾਂ ਨੂੰ ਕੁਝ ਸਮੇਂ ਬਾਅਦ ਰਿਹਾਅ ਕਰ ਦਿੱਤਾ ਗਿਆ।
ਬੁੱਤਾਂ ਖ਼ਿਲਾਫ਼ ਰੋਸ ਵਿਖਾਵਾ ਕਰਨ ਵਾਲੀਆਂ ਸਿੱਖ ਜਥੇਬੰਦੀਆਂ ’ਚ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਜਥਾ ਹਿੰਮਤ-ਏ-ਖਾਲਸਾ, ਜਥਾ ਸਿਰਲੱਥ ਖਾਲਸਾ ਤੇ ਅਕਾਲ ਖਾਲਸਾ ਆਦਿ ਸ਼ਾਮਲ ਸਨ। ਜਥੇਬੰਦੀਆਂ ਦੇ ਇਹ ਕਾਰਕੁਨ ਬੁਰਜ ਅਕਾਲੀ ਫੂਲਾ ਸਿੰਘ ਵਿੱਚ ਇਕੱਠੇ ਹੋਏ ਅਤੇ ਉੱਥੋਂ ਬੁੱਤਾਂ ਵਾਲੀ ਥਾਂ ਧਰਮ ਸਿੰਘ ਮਾਰਕੀਟ ਵੱਲ ਮਾਰਚ ਸ਼ੁਰੂ ਕੀਤਾ ਪਰ ਪੁਲੀਸ ਨੇ ਉਨ੍ਹਾਂ ਨੂੰ ਸ਼ੇਰਾਂ ਵਾਲਾ ਗੇਟ ਨੇੜੇ ਹੀ ਰੋਕ ਲਿਆ। ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਇਸ ਮਾਮਲੇ ’ਚ ਨਾਅਰੇਬਾਜ਼ੀ ਕਰਦਿਆਂ ਬੁੱਤ ਹਟਾਉਣ ਅਤੇ ਉੱਥੇ ਸਿੱਖ ਇਤਿਹਾਸ ਨੂੰ ਦਰਸਾਉਣ ਦੀ ਮੰਗ ਕੀਤੀ ਗਈ। ਵਿਖਾਵਾਕਾਰੀਆਂ ਵੱਲੋਂ ਇਸ ਸਬੰਧੀ ਮੰਗ ਪੱਤਰ ਪੰਜਾਬ ਟੂਰਿਜ਼ਮ ਵਿਭਾਗ ਦੇ ਡਾਇਰੈਕਟਰ ਦੇ ਨਾਂ ਦਿੱਤਾ ਗਿਆ, ਜਿਸ ਨੂੰ ਤਹਿਸੀਲਦਾਰ ਨੇ ਪ੍ਰਾਪਤ ਕੀਤਾ।
ਸਤਿਕਾਰ ਕਮੇਟੀ ਦੇ ਮੁਖੀ ਬਲਬੀਰ ਸਿੰਘ ਮੁੱਛਲ ਨੇ ਦੱਸਿਆ ਕਿ ਕੁਝ ਸਿੱਖ ਨੌਜਵਾਨਾਂ ਵੱਲੋਂ ਪਹਿਲੀ ਦਸੰਬਰ ਨੂੰ ਇਹ ਬੁੱਤ ਹਟਾਉਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਮਗਰੋਂ ਸਿੱਖ ਜਥੇਬੰਦੀਆਂ ਦੇ ਵਫ਼ਦ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲ ਕੇ ਮੰਗ ਪੱਤਰ ਵੀ ਦਿੱਤਾ ਸੀ। ਬੀਤੇ ਕੱਲ੍ਹ ਇਸ ਸਬੰਧੀ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਹੋਈ ਸੀ, ਜਿਸ ਮੁਤਾਬਕ ਅੱਜ ਵਿਖਾਵਾਕਾਰੀਆਂ ਨੇ ਬੁੱਤਾਂ ਨੇੜੇ ਬੈਠ ਕੇ ਪਾਠ ਕਰਨ ਮਗਰੋਂ ਬੁੱਤ ਹਟਾਉਣ ਦੀ ਮੰਗ ਕਰਨੀ ਸੀ ਪਰ ਪੁਲੀਸ ਨੇ ਉਨ੍ਹਾਂ ਨੂੰ ਸ਼ੇਰਾਂਵਾਲਾ ਗੇਟ ਤੋਂ ਅੱਗੇ ਨਹੀਂ ਜਾਣ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਸਿੱਖ ਜਥੇਬੰਦੀਆਂ ਦੇ ਕੁਝ ਕਾਰਕੁਨ ਬੁੱਤਾਂ ਨੇੜੇ ਪਹਿਲਾਂ ਹੀ ਪੁੱਜ ਗਏ ਸਨ ਤੇ ਉਥੇ ਧਰਨੇ ’ਤੇ ਬੈਠ ਗਏ, ਜਿਨ੍ਹਾਂ ਨੂੰ ਪੁਲੀਸ ਨੇ ਉਥੋਂ ਚੁੱਕ ਲਿਆ। ਚੁੱਕੇ ਗਏ ਕਾਰਕੁਨਾਂ ’ਚ ਪੰਜ-ਛੇ ਸਾਲ ਦੀ ਇੱਕ ਬੱਚੀ ਵੀ ਸ਼ਾਮਲ ਸੀ, ਜਿਨ੍ਹਾਂ ਨੂੰ ਬਾਅਦ ਵਿੱਚ ਰਿਹਾਅ ਕਰ ਦਿੱਤਾ ਗਿਆ।
ਵਿਖਾਵਾਕਾਰੀਆਂ ਨੇ ਦਾਅਵਾ ਕੀਤਾ ਕਿ ਪੁਲੀਸ ਪ੍ਰਸ਼ਾਸਨ ਨੇ ਇਸ ਮਾਮਲੇ ਵਿਚ ਟੂਰਿਜ਼ਮ ਵਿਭਾਗ ਦੇ ਅਧਿਕਾਰੀਆਂ ਨਾਲ ਤਿੰਨ ਦਸੰਬਰ ਨੂੰ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਹੈ। ਮੀਟਿੰਗ ਦੌਰਾਨ ਉਹ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੀ ਮੰਗ ਕਰਨਗੇ। ਜੇਕਰ ਮੰਗ ਪ੍ਰਵਾਨ ਨਾ ਹੋਈ ਤਾਂ ਉਸ ਮਗਰੋਂ ਅਗਲਾ ਸੰਘਰਸ਼ ਉਲੀਕਿਆ ਜਾਵੇਗਾ।