‘ਸ੍ਰੀ ਗੁਰੂ ਨਾਨਕ ਦੇਵ ਜੀ ਐਵਾਰਡ’ ਸ਼ੁਰੂ ਕਰਨ ਨੂੰ ਹਰੀ ਝੰਡੀ
ਚੰਡੀਗੜ੍ਹ-ਪੰਜਾਬ ਵਜ਼ਾਰਤ ਨੇ ‘ਸ੍ਰੀ ਗੁਰੂ ਨਾਨਕ ਦੇਵ ਜੀ ਐਵਾਰਡ’ ਸ਼ੁਰੂ ਕਰਨ ਦੀ ਤਜਵੀਜ਼ ’ਤੇ ਮੋਹਰ ਲਾ ਦਿੱਤੀ ਹੈ। ਐਵਾਰਡ ’ਚ ਸਨਮਾਨ ਪੱਤਰ ਅਤੇ 11 ਲੱਖ ਰੁਪਏ ਦਾ ਨਗ਼ਦ ਇਨਾਮ ਹੋਵੇਗਾ। ਇਹ ਸਨਮਾਨ ਹਰ ਸਾਲ ਦਿੱਤਾ ਜਾਵੇਗਾ ਤੇ ਚੋਣ ਜਿਊਰੀ ਵੱਲੋਂ ਕੀਤੀ ਜਾਵੇਗੀ। ਵਜ਼ਾਰਤ ਨੇ ਮੁੱਖ ਮੰਤਰੀ ਦੇ ਸਲਾਹਕਾਰਾਂ ਨੂੰ ਅਯੋਗ ਠਹਿਰਾਏ ਜਾਣ ਤੋਂ ਰੋਕਣ ਲਈ ਐਕਟ ਵਿਚ ਸੋਧ ਕਰਨ ਦਾ ਫ਼ੈਸਲਾ ਵੀ ਕੀਤਾ ਹੈ। ਕੈਬਨਿਟ ਮੀਟਿੰਗ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਵਜ਼ਾਰਤ ਨੇ ਸ਼ਾਂਤੀ ਤੇ ਅੰਤਰ-ਧਰਮ ਸਹਿ-ਹੋਂਦ ਨੂੰ ਉਤਸ਼ਾਹਿਤ ਕਰਨ ਲਈ ਪ੍ਰਕਾਸ਼ ਪੁਰਬ ਦੇ ਜਸ਼ਨਾਂ ਦੇ ਹਿੱਸੇ ਵਜੋਂ ਇਹ ਐਵਾਰਡ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਸੀ। ਸਲਾਹਕਾਰਾਂ ਨੂੰ ਲਾਭ ਦੇ ਅਹੁਦੇ ਤੋਂ ਅਯੋਗ ਠਹਿਰਾਏ ਜਾਣ ਤੋਂ ਬਾਹਰ ਰੱਖਣ ਲਈ ਵਜ਼ਾਰਤ ਨੇ ਪੰਜਾਬ ਸਟੇਟ ਲੈਜਿਸਲੇਚਰ (ਪ੍ਰੀਵੈਨਸ਼ਨ ਆਫ਼ ਡਿਸਕੁਆਲੀਫਿਕੇਸ਼ਨ) ਐਕਟ 1952 ਵਿੱਚ ਸੋਧ ਕਰਨ ਦਾ ਫ਼ੈਸਲਾ ਕੀਤਾ ਹੈ। ਸੋਧ ਬਿੱਲ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (ਸੋਧ) ਆਰਡੀਨੈਂਸ-2019 ਨੂੰ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਲਿਆਉਣ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ। ਇਸ ਤਹਿਤ ਕਮਿਸ਼ਨ ਦੇ ਚੇਅਰਪਰਸਨ ਦੀ ਨਿਯੁਕਤੀ ਲਈ ਉਮਰ ਹੱਦ ਮੌਜੂਦਾ 70 ਤੋਂ 72 ਸਾਲ ਹੋ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ, 2016 ਨੂੰ ਬਿੱਲ ਦੇ ਰੂਪ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਕਿ ਸੂਬੇ ਵਿੱਚ ਗੈਰ-ਸਹਾਇਤਾ ਪ੍ਰਾਪਤ ਵਿਦਿਅਕ ਅਦਾਰਿਆਂ ਵਿੱਚ ਫੀਸ ਨੂੰ ਰੈਗੂਲੇਟ ਕਰਨ ਲਈ ਢੰਗ-ਤਰੀਕਾ ਮੁਹੱਈਆ ਕਰਵਾਇਆ ਜਾ ਸਕੇ। ਇਸ ਸੋਧ ਨਾਲ ਗੈਰ-ਸਹਾਇਤਾ ਪ੍ਰਾਪਤ ਵਿਦਿਅਕ ਅਦਾਰਿਆਂ ਵਿੱਚ ਪੜ੍ਹਦੇ ਗਰੀਬ ਬੱਚੇ ਬਿਨਾਂ ਫੀਸ ਦਿੱਤੇ ਪੜ੍ਹਾਈ ਪੂਰੀ ਕਰ ਸਕਣਗੇ। ਐਕਟ ਹੇਠ ਰੈਗੂਲੇਟਰੀ ਅਥਾਰਿਟੀ ਨੂੰ ਡਿਵੀਜ਼ਨਲ ਪੱਧਰ ਦੀ ਬਜਾਏ ਜ਼ਿਲ੍ਹਾ ਪੱਧਰ ’ਤੇ ਮੁੜ ਗਠਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐੱਸ.ਆਰ.) ਦੀਆਂ ਗਤੀਵਿਧੀਆਂ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਲਾਹਕਾਰ ਬੋਰਡ ਅਤੇ ਮੁੱਖ ਸਕੱਤਰ ਦੀ ਅਗਵਾਈ ਵਿੱਚ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਅਥਾਰਿਟੀ ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਤੋਂ ਇਲਾਵਾ ਇਸ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਵਿੱਤ ਮੰਤਰੀ, ਉਦਯੋਗ ਤੇ ਵਪਾਰ ਮੰਤਰੀ, ਮੁੱਖ ਸਕੱਤਰ, ਉਦਯੋਗ ਤੇ ਵਪਾਰ ਅਤੇ ਵਿੱਤ ਵਿਭਾਗ ਦੇ ਪ੍ਰਬੰਧਕੀ ਸਕੱਤਰ, ਉਦਯੋਗ ਵਿਭਾਗ ਦੇ ਡਾਇਰੈਕਟਰ ਸ਼ਾਮਲ ਹੋਣਗੇ ਜਦਕਿ ਉਦਯੋਗਿਕ ਖੇਤਰ ਦੇ ਵੱਧ ਤੋਂ ਵੱਧ ਪੰਜ ਨੁਮਾਇੰਦਿਆਂ/ਮਾਹਿਰਾਂ ਨੂੰ ਬੋਰਡ ਦੇ ਚੇਅਰਮੈਨ ਵੱਲੋਂ ਨਾਮਜ਼ਦ ਕੀਤਾ ਜਾਵੇਗਾ। ਕਈ ਹੋਰਾਂ ਨੂੰ ਇਨਵਾਈਟੀ ਵਜੋਂ ਵੀ ਲਿਆ ਜਾਵੇਗਾ।